ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਿੱਖ ਸੰਸਥਾ ਨੇ ਇੱਕ ਸਦੀ ਤੋਂ ਵੱਧ ਦੇ ਆਪਣੇ ਸ਼ਾਨਾਮਤੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਪ੍ਰਬੰਧਾਂ ਨੂੰ ਪੰਥਕ ਭਾਵਨਾ ਅਨੁਸਾਰ ਚਲਾਇਆ ਹੈ, ਉਥੇ ਹੀ ਸਿੱਖੀ ਪ੍ਰਚਾਰ ਅਤੇ ਸਿੱਖ ਸਰੋਕਾਰਾਂ ਦੀ ਪਹਿਰੇਦਾਰੀ ਲਈ ਵੀ ਹਮੇਸ਼ਾ ਮੋਹਰੀ ਰੋਲ ਨਿਭਾਇਆ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਅੱਡਰੀ ਹੋਂਦ ਹਸਤੀ ਨੂੰ ਉਭਾਰਨ ਲਈ ਸ਼੍ਰੋਮਣੀ ਕਮੇਟੀ ਨੇ ਸਰਗਰਮ ਰਹਿੰਦਿਆਂ ਸਦਾ ਸੱਚ ਦੀ ਅਵਾਜ਼ ਬੁਲੰਦ ਕੀਤੀ ਹੈ। ਇਸੇ ਦਾ ਹੀ ਕਾਰਨ ਹੈ ਕਿ ਸ਼੍ਰੋਮਣੀ ਕਮੇਟੀ ਰਾਜ ਅੰਦਰ ਰਾਜ ਵਾਂਗ ਹੁੰਦਿਆਂ ਹਮੇਸ਼ਾ ਸਰਕਾਰਾਂ ਨੂੰ ਰੜਕਦੀ ਰਹੀ ਹੈ।
ਉਨ੍ਹਾਂ ਕਿਹਾ ਕਿ ਅਖੌਤੀ ਮਹੰਤਾਂ ਪਾਸੋਂ ਪਾਵਨ ਗੁਰਧਾਮਾਂ ਨੂੰ ਅਜ਼ਾਦ ਕਰਵਾਉਣ ਲਈ ਵੱਡੀਆਂ ਕੁਰਬਾਨੀਆਂ ਨਾਲ 1920 ਵਿਚ ਹੋਂਦ ’ਚ ਆਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਵਜੂਦ ਨੂੰ ਢਾਅ ਲਗਾਉਣ ਲਈ ਅੱਜ ਲਗਾਤਾਰ ਕੋਝੇ ਯਤਨ ਹੋ ਰਹੇ ਹਨ। ਸਰਕਾਰਾਂ ਵੱਲੋਂ ਇਸ ਦੇ ਖੇਤਰ ਨੂੰ ਲਗਾਤਾਰ ਸੀਮਤ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧ ਅਸਿੱਧੇ ਤੌਰ ’ਤੇ ਸਰਕਾਰਾਂ ਵੱਲੋਂ ਆਪਣੇ ਹੱਥਾਂ ਵਿਚ ਲੈਣ ਤੋਂ ਬਾਅਦ ਹੁਣ ਉਨ੍ਹਾਂ ਦੀ ਮਨਸ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਹਥਿਆਉਣ ਦੀ ਹੈ। ਉਨ੍ਹਾਂ ਪੰਥ ਵਿਰੋਧੀ ਤਾਕਤਾਂ ਦੇ ਟਾਕਰੇ ਲਈ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁਟ ਹੋਣ ਦੀ ਅਪੀਲ ਕੀਤੀ ਅਤੇ ਵਚਨਬਧਤਾ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਆਪਣੇ ਇਤਿਹਾਸ, ਰਵਾਇਤਾਂ ਅਤੇ ਕਾਰਜਾਂ ਦੀ ਸੇਧ ਵਿਚ ਸਿੱਖੀ ਦੀ ਚੜ੍ਹਦੀ ਕਲਾ ਲਈ ਸਦਾ ਤਤਪਰ ਰਹੇਗੀ।
ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਸੰਗਤਾਂ ਹਾਜ਼ਰ ਸਨ।
Comments
Start the conversation
Become a member of New India Abroad to start commenting.
Sign Up Now
Already have an account? Login