ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਹੁਸ਼ਿਆਰਪੁਰ ਤੋਂ 100 ਵਲੰਟੀਅਰ ਪ੍ਰਚਾਰਕ ਸਿੰਘਾਂ ਨੂੰ ਜਥਿਆਂ ਦੇ ਰੂਪ ਵਿੱਚ ਪਿੰਡਾਂ ਲਈ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤੇ ਜਥਿਆਂ ਨੂੰ ਰਵਾਨਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਓਐੱਸਡੀ ਸ. ਸਤਬੀਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜਰ ਸਨ।
ਇਸੇ ਸਬੰਧੀ ਜਾਣਕਾਰੀ ਦਿੰਦਿਆਂ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਵਾਲੇ ਸਿੱਖ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਵਿਦਿਆਲਿਆਂ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਵਲੰਟੀਅਰ ਤੌਰ ’ਤੇ ਚੋਣ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਵਿੱਚੋਂ 4-4 ਸਿੰਘਾਂ ਦੇ ਜਥੇ ਬਣਾ ਕੇ ਪਿੰਡਾਂ ਵਿੱਚ ਭੇਜਿਆ ਜਾ ਰਿਹਾ ਹੈ, ਜੋ ਇਕ ਪਿੰਡ ਵਿੱਚ 10 ਦਿਨ ਦੇ ਕਰੀਬ ਰਹਿ ਕੇ ਸੰਗਤਾਂ ਨੂੰ ਗੁਰਮਤਿ ਸਿਧਾਂਤਾਂ ਤੇ ਸਿੱਖ ਇਤਿਹਾਸ ਦੀ ਜਾਣਕਾਰੀ ਦੇਣਗੇ।
ਉਨ੍ਹਾਂ ਕਿਹਾ ਕਿ ਖਾਲਸਾ ਪੰਥ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨਵੰਬਰ 2025 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਈ ਜਾ ਰਹੀ ਹੈ, ਜਿਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮਾਂ ਦੀ ਲੜੀ ਚਲਾਈ ਜਾਵੇਗੀ। ਇਸੇ ਤਹਿਤ ਹੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਵੈਸਾਖੀ ਮੌਕੇ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖਾਲਸਾ ਸਾਜਨਾ ਸਮੇਂ ਅੰਮ੍ਰਿਤ ਸੰਚਾਰ ਲਈ ਵਰਤੇ ਖੰਡੇ ਨਾਲ ਸਿੰਘ ਸਾਹਿਬਾਨ ਅੰਮ੍ਰਿਤ ਦਾ ਬਾਟਾ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਜਥੇ ਅੰਮ੍ਰਿਤ ਸੰਚਾਰ ਲਈ ਵੀ ਸੰਗਤਾਂ ਨੂੰ ਪ੍ਰੇਰਨਾ ਕਰਨਗੇ। ਉਨ੍ਹਾਂ ਕਿਹਾ ਕਿ ਵੈਸਾਖੀ ਤੱਕ ਇਹ ਜਥੇ ਦੁਆਬਾ ਖੇਤਰ ਦੇ ਪਿੰਡਾਂ ਅੰਦਰ ਧਰਮ ਪ੍ਰਚਾਰ ਲਹਿਰ ਜਾਰੀ ਰੱਖਣਗੇ ਜਿਸ ਮਗਰੋਂ ਇਨ੍ਹਾਂ ਨੂੰ ਹੋਰ ਹਲਕਿਆਂ ਵਿੱਚ ਭੇਜਿਆ ਜਾਵੇਗਾ।
Comments
Start the conversation
Become a member of New India Abroad to start commenting.
Sign Up Now
Already have an account? Login