ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਰਾਜਪੁਰਾ ਵਿਖੇ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ।
ਮੁੱਖ ਮੰਤਰੀ ਨੇ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸੂਬਾ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਘਰ-ਘਰ ਸੇਵਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੀ ਉਨ੍ਹਾਂ ਨੇ ਕੰਪਲੈਕਸ ਵਿਚਲੇ ਸਰਕਾਰੀ ਦਫ਼ਤਰਾਂ ਦਾ ਨਿਰੀਖਣ ਕੀਤਾ ਅਤੇ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਦਫ਼ਤਰਾਂ ਦੇ ਕੰਮਕਾਜ ਬਾਰੇ ਜਾਣੂ ਕਰਵਾਇਆ, ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਇਹ ਕਵਾਇਦ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਜ਼ਿਆਦਾਤਰ ਅਧਿਕਾਰੀ ਕੰਮ ਦੇ ਸਮੇਂ ਦੌਰਾਨ ਆਪਣੇ ਦਫ਼ਤਰਾਂ ਵਿੱਚ ਬੈਠਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਰਕਾਰੀ ਦਫ਼ਤਰਾਂ ਦੇ ਦੌਰੇ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜੋ ਕਿ ਤਕਨਾਲੋਜੀ ਅਧਾਰਤ ਇਸ ਆਧੁਨਿਕ ਯੁੱਗ ਵਿੱਚ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਕਿਸੇ ਵੀ ਸਮੇਂ ਕਿਸੇ ਵੀ ਸਰਕਾਰੀ ਦਫ਼ਤਰ, ਸਕੂਲ ਜਾਂ ਹਸਪਤਾਲ ਦਾ ਦੌਰਾ ਕਰ ਸਕਦੇ ਹਨ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਲੋਕਾਂ ਦੇ ਰੋਜ਼ਾਨਾ ਦੇ ਦਫ਼ਤਰੀ ਦੌਰਿਆਂ ਦੌਰਾਨ ਉਨ੍ਹਾਂ ਦੇ ਕੰਮਕਾਜ ਨੂੰ ਬਿਨਾਂ ਮੁਸ਼ਕਲ ਤੁਰੰਤ ਨਿਪਟਾਉਣਾ ਯਕੀਨੀ ਬਣਾਉਣਾ ਹੈ। ਇਸ ਮਕਸਦ ਲਈ ਜ਼ਿਲ੍ਹਾ ਪੱਧਰ ‘ਤੇ ਸੀ.ਐਮ. ਵਿੰਡੋ/ਹੈਲਪ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ, ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਆਮ ਲੋਕਾਂ ਦੇ ਮਸਲਿਆਂ ਦੇ ਨਿਪਟਾਰੇ ਲਈ ਉਨ੍ਹਾਂ ਦੀ ਮਦਦ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪੱਧਰੀ ਮਸਲਿਆਂ ਦਾ ਮੌਕੇ ‘ਤੇ ਹੀ ਨਿਬੇੜਾ ਕੀਤਾ ਜਾਵੇਗਾ ਅਤੇ ਬਾਕੀ ਮੁੱਦਿਆਂ ਨੂੰ ਮੁੱਖ ਦਫ਼ਤਰ ਵਿਖੇ ਲੋੜੀਂਦੀ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਭੇਜ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਐਨ.ਓ.ਸੀ. ਪ੍ਰਣਾਲੀ ਨੂੰ ਖ਼ਤਮ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦਾ ਇਕੋ-ਇਕ ਉਦੇਸ਼ ਆਮ ਲੋਕਾਂ ਦੀ ਸਹਾਇਤਾ ਕਰਨਾ ਹੈ ਕਿਉਂਕਿ ਗੈਰ-ਕਾਨੂੰਨੀ ਕਲੋਨਾਈਜ਼ਰ ਲੋਕਾਂ ਨੂੰ ਆਕਰਸ਼ਕ ਥਾਵਾਂ ਦਿਖਾ ਕੇ ਗੁਮਰਾਹ ਕਰਦੇ ਹਨ ਅਤੇ ਆਪਣੀਆਂ ਗੈਰ-ਮਨਜ਼ੂਰਸ਼ੁਦਾ ਕਲੋਨੀਆਂ ਵਿੱਚ ਪਲਾਟ ਵੇਚ ਦਿੰਦੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਜਬੂਰੀ ਦੇ ਮਾਰੇ ਇਨ੍ਹਾਂ ਕਲੋਨੀਆਂ ਦੇ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਾਪਤ ਕਰਨ ਲਈ ਵੀ ਥਾਂ-ਥਾਂ ਭਟਕਣਾ ਪੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੇਗੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login