ਭਾਜਪਾ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬ ਅੰਦਰ ਇਸ ’ਤੇ ਮੁਕੰਮਲ ਰੋਕ ਲਗਾਉਣ ਲਈ ਕਿਹਾ। ਇਹ ਫ਼ਿਲਮ 17 ਜਨਵਰੀ 2025 ਨੂੰ ਰਲੀਜ਼ ਹੋ ਰਹੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਇਸ ਫ਼ਿਲਮ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਪੱਤਰ ਨੰ: 22211 ਮਿਤੀ 14.11.2024 ਰਾਹੀਂ ਅੰਤ੍ਰਿੰਗ ਕਮੇਟੀ ਦਾ ਮਤਾ ਨੰ: 798 ਮਿਤੀ 28.09.2024 ਭੇਜ ਕੇ ਪਹਿਲਾਂ ਹੀ ਇਤਰਾਜ਼ ਦਰਜ ਕਰਵਾਏ ਜਾ ਚੁੱਕੇ ਹਨ, ਜਿਸ ਰਾਹੀਂ ਇਹ ਸਪਸ਼ਟ ਕਿਹਾ ਗਿਆ ਸੀ ਕਿ ‘ਐਮਰਜੈਂਸੀ ਫ਼ਿਲਮ ਪੰਜਾਬ ਅੰਦਰ ਨਹੀਂ ਚੱਲਣ ਦਿੱਤੀ ਜਾਵੇਗੀ’, ਕਿਉਂਕਿ ਇਹ ਫ਼ਿਲਮ ਸਿੱਖਾਂ ਨੂੰ ਬਦਨਾਮ ਕਰਨ ਦੇ ਮੰਤਵ ਨਾਲ ਨੀਤੀਗਤ ਢੰਗ ਨਾਲ ਬਣਾਈ ਗਈ ਹੈ। ਮਤੇ ਰਾਹੀਂ ਸੂਬਾ ਸਰਕਾਰ ਪਾਸੋਂ ਪੰਜਾਬ ਅੰਦਰ ਇਸ ਫ਼ਿਲਮ ਦੀ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ।
ਉਨ੍ਹਾਂ ਪੱਤਰ ਵਿਚ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਹੁਣ ਤੀਕ ਫ਼ਿਲਮ ਦੀ ਰੋਕ ਲਈ ਕੋਈ ਕਦਮ ਨਹੀਂ ਉਠਾਇਆ। ਉਨ੍ਹਾਂ ਕਿਹਾ ਕਿ ਜੇਕਰ 17 ਜਨਵਰੀ 2025 ਨੂੰ ਇਹ ਫਿਲਮ ਰਲੀਜ਼ ਹੁੰਦੀ ਹੈ, ਤਾਂ ਇਸ ਨਾਲ ਸਿੱਖ ਜਗਤ ਅੰਦਰ ਰੋਸ ਤੇ ਰੋਹ ਪੈਦਾ ਹੋਣਾ ਕੁਦਰਤੀ ਹੈ।
ਜ਼ਿਕਰਯੋਗ ਹੈ ਕਿ ਇਸ ਫ਼ਿਲਮ ਅੰਦਰ 1984 ਵਿੱਚ ਸਿੱਖਾਂ ਦੇ ਪਾਵਨ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਕਈ ਹੋਰ ਅਸਥਾਨਾਂ ਉੱਤੇ ਕੀਤੇ ਗਏ ਮਾਰੂ ਹਮਲੇ ਦੇ ਨਾਲ-ਨਾਲ ਸਿੱਖ ਕਤਲੇਆਮ ਅਤੇ ਨਸਲਕੁਸ਼ੀ ਨੂੰ ਦਬਾ ਕੇ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਜ਼ਹਿਰ ਉਗਲਣ ਦੀ ਭਾਵਨਾ ਨਾਲ ਕੰਮ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫ਼ਿਲਮ ਵਿੱਚ ਸਿੱਖਾਂ ਦੇ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਵੀ ਕਿਰਦਾਰਕੁਸ਼ੀ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ ਪੰਜਾਬ ਅੰਦਰ ਮਿਤੀ 17 ਜਨਵਰੀ 2025 ਨੂੰ ਜਾਰੀ ਹੋਣ ਤੋਂ ਤੁਰੰਤ ਰੋਕੀ ਜਾਵੇ। ਜੇਕਰ ਇਹ ਫ਼ਿਲਮ ਪੰਜਾਬ ਅੰਦਰ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਦਾ ਸੂਬਾ ਪੱਧਰ ਉੱਤੇ ਸਖ਼ਤ ਵਿਰੋਧ ਕੀਤਾ ਜਾਵੇਗਾ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਸੌਂਪ ਕੇ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ ’ਤੇ ਅੰਮ੍ਰਿਤਸਰ ਵਿਚ ਰੋਕ ਲਗਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਅੰਦਰ ਜ਼ਿਲ੍ਹਾ ਪੱਧਰ ’ਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਫ਼ਿਲਮ ਰੋਕਣ ਲਈ ਮੰਗ ਪੱਤਰ ਦਿੱਤੇ ਗਏ ਹਨ।
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਣ ਸਮੇਂ ਸਕੱਤਰ ਸ. ਪ੍ਰਤਾਪ ਸਿੰਘ ਦੇ ਨਾਲ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਅਤੇ ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਮੌਜੂਦ ਸਨ।
Comments
Start the conversation
Become a member of New India Abroad to start commenting.
Sign Up Now
Already have an account? Login