ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਖ਼ਾਲਸਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਨੂੰ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਮਨਾਉਣ ਦੀ ਅਪੀਲ ਕਰਦਿਆਂ ਇਸ ਮੌਕੇ ਕਿਸੇ ਵੀ ਤਰ੍ਹਾਂ ਦੀ ਹੁਲੜਬਾਜ਼ੀ ਤੋਂ ਦੂਰ ਰਹਿਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇਕ ਵਿਸ਼ੇਸ਼ ਦਫ਼ਤਰ ਖੋਲ੍ਹਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।
ਸੋਮਵਾਰ 18 ਮਾਰਚ ਨੂੰ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵੱਲ੍ਹਾ ਵਿਖੇ ਹੋਈ ਇਕੱਤਰਤਾ ਮਗਰੋਂ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਹੋਲਾ ਮਹੱਲਾ ਮਨਾਉਣ ਦੀ ਪ੍ਰੰਪਰਾ ਆਰੰਭ ਕੀਤੀ ਸੀ। ਉਨ੍ਹਾਂ ਕਿਹਾ ਕਿ ਹਰ ਸਾਲ ਹੋਲੇ ਮਹੱਲੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਉਂਦੀਆਂ ਹਨ। ਪਿਛਲੇ ਕੁਝ ਸਮੇਂ ਤੋਂ ਕੁਝ ਸ਼ਰਾਰਤੀ ਲੋਕ ਗੁਰੂ ਘਰ ਦੀ ਮਰਯਾਦਾ ਉਲਟ ਹੁਲੜਬਾਜ਼ੀ ਕਰਕੇ ਸੰਗਤਾਂ ਲਈ ਪ੍ਰੇਸ਼ਾਨੀ ਪੈਦਾ ਕਰਦੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਹੋਲਾ ਮਹੱਲਾ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੈ, ਜਿਸ ਨੂੰ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਹੀ ਮਨਾਉਣਾ ਚਾਹੀਦਾ ਹੈ। ਉਨ੍ਹਾਂ ਨੌਜੁਆਨੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰ ਜਾਣ ਸਮੇਂ ਮਰਯਾਦਾ ਦਾ ਖਿਆਲ ਰੱਖਣ ਅਤੇ ਕਿਸੇ ਤਰ੍ਹਾਂ ਦੀ ਹੁਲੜਬਾਜ਼ੀ ਤੋਂ ਦੂਰ ਰਹਿਣ।
ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਮਹੀਨੇ ਗੋਇੰਦਵਾਲ ਸਾਹਿਬ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧੀ ਸਬ-ਕਮੇਟੀ ਬਣਾਈ ਗਈ ਸੀ, ਜਿਸ ਦੀ ਰਿਪੋਰਟ ਅਨੁਸਾਰ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਜਿਥੇ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦਾ ਦਫ਼ਤਰ ਖੋਲ੍ਹਿਆ ਜਾਵੇਗਾ, ਉਥੇ ਹੀ ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ 14 ਅਪ੍ਰੈਲ ਨੂੰ ਸ਼ਤਾਬਦੀ ਨੂੰ ਸਮਰਪਤ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ ਪਟਿਆਲਾ ਵਿਖੇ ਜੁਡੀਸ਼ੀਅਲ ਅਕੈਡਮੀ ਸ਼ੁਰੂ ਕਰਨ ਲਈ ਕਲਾਸ ਰੂਮ ਅਤੇ ਲੜਕੀਆਂ ਵਾਸਤੇ ਹੋਸਟਲ ਤਿਆਰ ਕਰਨ ਦੇ ਕਾਰਜਾਂ ਨੂੰ ਪ੍ਰਵਾਨਗੀ ਵੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਨਾਲ ਸਬੰਧਤ ਹੋਰ ਵੱਖ-ਵੱਖ ਕਾਰਜਾਂ ਨੂੰ ਵੀ ਪ੍ਰਵਾਨਗੀਆਂ ਦਿੱਤੀਆਂ ਗਈਆਂ।
ਇਕੱਤਰਤਾ ’ਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਪ੍ਰਿਤਪਾਲ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਅਵਤਾਰ ਸਿੰਘ ਵਣਵਾਲਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਤੇਜਿੰਦਰਪਾਲ ਸਿੰਘ ਲਾਡਵਾ, ਸ. ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਦੇ ਡੀਨ ਸ. ਏ.ਪੀ. ਸਿੰਘ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਇੰਚਾਰਜ ਸ. ਕਰਤਾਰ ਸਿੰਘ, ਸ. ਬਲਦੇਵ ਸਿੰਘ ਆਦਿ ਮੌਜੂਦ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login