ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਪੰਥਕ ਰਵਾਇਤਾਂ ਅਨੁਸਾਰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਨੇ ਤਖ਼ਤ ਸਾਹਿਬ ’ਤੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ, ਕਥਾਵਾਚਕ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਇਤਿਹਾਸ ਨਾਲ ਜੋੜਿਆ। ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਤਖ਼ਤ ਸਾਹਿਬ ਦੇ ਸਮੂਹ ਵਿੱਚ ਪੰਜ ਪਿਆਰੇ ਸਹਿਬਾਨ ਅਤੇ ਮਾਤਾ ਸਾਹਿਬ ਕੌਰ ਜੀ ਨੂੰ ਸਮਰਪਿਤ ਬੁੰਗਿਆਂ ਦਾ ਉਦਘਾਟਨ ਕੀਤਾ।
ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੇ ਸਿੱਖ ਜਗਤ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਸਿੱਖਾਂ ਨੂੰ ਮਤਭੇਦ ਭੁਲਾ ਕੇ ਕੌਮੀ ਹਿੱਤਾਂ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਨੂੰ ਅੱਜ ਦੇ ਦਿਨ ਇੱਕੋ ਬਾਟੇ ਵਿੱਚ ਖੰਡੇ ਦੀ ਪਹੁਲ ਛਕਾ ਕਿ ਇੱਕ ਪਰਿਵਾਰ ਬਣਾਇਆ ਸੀ ਅਤੇ ਇਸੇ ਸਿਧਾਂਤ ਅਨੁਸਾਰ ਸਾਨੂੰ ਪੰਥਕ ਇੱਕਜੁੱਟਤਾ ਦੀ ਲੋੜ ਹੈ। ਸਮਾਜ ਅੰਦਰ ਵਧ ਰਹੇ ਪਤਿਤਪੁਣੇ ਅਤੇ ਨਸ਼ਿਆਂ ਬਾਰੇ ਗੱਲ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰੇਰਣਾ ਕੀਤੀ ਕਿ ਗੁਰੂ ਸਾਹਿਬ ਨੇ ਸਾਨੂੰ ਬਾਕੀਆਂ ਤੋਂ ਵਿਲੱਖਣ ਪਛਾਣ ਦਿੱਤੀ ਹੈ ਪਰੰਤੂ ਅੱਜ ਸਾਡੇ ਕਈ ਨੌਜਵਾਨ ਆਪਣੇ ਕੇਸ ਕਤਲ ਕਰਵਾ ਕੇ ਪਤਿਤਪੁਣੇ ਦਾ ਸ਼ਿਕਾਰ ਹੋ ਰਹੇ ਹਨ। ਪਤਿਤਪੁਣੇ ਦੇ ਨਾਲ ਹੋਰ ਵੀ ਕੁਰੀਤੀਆਂ ਜੁੜ ਜਾਂਦੀਆਂ ਹਨ ਅਤੇ ਕਈ ਨੌਜਵਾਨ ਨਸ਼ਿਆਂ ਦੇ ਰਸਤੇ ਵੀ ਤੁਰ ਪੈਂਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਨਸ਼ਾ ਪੂਰੇ ਸੰਸਾਰ ਦੀ ਸਮੱਸਿਆ ਹੈ ਪਰ ਸਾਨੂੰ ਗੁਰੂ ਸਾਹਿਬ ਨੇ ਖ਼ਾਸਕਰਕੇ ਇਸ ਤੋਂ ਦੂਰ ਰਹਿਣ ਦੀ ਹਿਦਾਇਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਸ ਗੁਰੂ ਦੀ ਮੋਹਰ ਹਨ ਇਸ ਲਈ ਇਨ੍ਹਾਂ ਦੀ ਸੰਭਾਲ ਕਰਕੇ ਸਾਬਤ ਸੂਰਤ ਸਿੱਖ ਪਛਾਣ ਨੂੰ ਕਾਇਮ ਰੱਖਣਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਿੱਖ ਨੇ ਨਸ਼ਾ ਕੇਵਲ ਭੋਜਨ ਅਤੇ ਗੁਰਬਾਣੀ ਦਾ ਹੀ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਲਾਫ਼ ਪਿਛਲੇ ਸਮੇਂ ਇਹ ਗਲਤ ਬਿਰਤਾਂਤ ਸਿਰਜਿਆ ਗਿਆ ਹੈ ਕਿ ਇਹ ਉੱਡਦਾ ਪੰਜਾਬ ਹੈ ਜਦਕਿ ਸੂਬੇ ਦੇ ਨੌਜਵਾਨ ਅੱਜ ਵੀ ਚੜ੍ਹਦੀ ਕਲਾ ਵਿੱਚ ਹਨ ਅਤੇ ਵੱਡੀਆਂ ਪ੍ਰਾਪਤੀਆਂ ਵੀ ਕਰ ਰਹੇ ਹਨ। ਪੰਥ ਤੇ ਪੰਜਾਬ ਅੱਜ ਵੀ ਚੜ੍ਹਦੀ ਕਲਾ ਵਿੱਚ ਹੈ ਅਤੇ ਅੱਗੇ ਵੀ ਰਹੇਗਾ। ਉਨ੍ਹਾਂ ਸਿੱਖ ਇਤਿਹਾਸ ਅੰਦਰ ਦਰਜ ਕੰਵਰ ਪਿਸ਼ੌਰਾ ਸਿੰਘ ਨਾਲ ਸਬੰਧਤ ਦ੍ਰਿਸ਼ਟਾਂਤ ਸਾਂਝਾ ਕਰਦਿਆਂ ਸਿੱਖਾਂ ਨੂੰ ਖਾਨਾਜੰਗੀ ਤੋਂ ਬਚਣ ਅਤੇ ਆਪਸ ਵਿੱਚ ਵਖਰੇਵੇਂ ਪਾਉਣ ਵਾਲੀਆਂ ਸ਼ਕਤੀਆਂ ਦੀ ਪਛਾਣ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਣਾ ਕੀਤੀ।
ਇਸੇ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਹ ਵੀ ਐਲਾਨ ਕੀਤਾ ਕਿ 15 ਅਪ੍ਰੈਲ ਨੂੰ ਭਾਈ ਜੀਵਨ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਗੱਗੋਮਾਹਲ (ਅੰਮ੍ਰਿਤਸਰ) ਤੋਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਰਾਹੀਂ ‘ਖੁਆਰ ਹੋਏ ਸਭ ਮਿਲੇਂਗੇ’ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਰੂਪ ਵਿੱਚ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਲਹਿਰ ਤਹਿਤ ਪੰਜਾਬ ਦੇ ਪਿੰਡ-ਪਿੰਡ ਸ਼ਹਿਰ-ਸ਼ਹਿਰ ਜਾ ਕੇ ਗੁਰੂ ਸਾਹਿਬਾਨ ਦਾ ਸੰਦੇਸ਼ ਅਤੇ ਫ਼ਲਸਫ਼ਾ ਪਹੁੰਚਾਉਣਗੇ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੂੰ ਇਸ ਧਰਮ ਪ੍ਰਚਾਰ ਲਹਿਰ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਸਿੱਖ ਜਗਤ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਆ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜੰਗਜੂ ਕਲਾ ਗਤਕਾ ਅਤੇ ਸੁੰਦਰ ਦਸਤਾਰ ਮੁਕਾਬਲੇ ਵੀ ਕਰਵਾਏ, ਜਿਨ੍ਹਾਂ ਵਿੱਚ ਸ਼ਮੂਲੀਅਤ ਕਰਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਭਾਈ ਅਮਰਜੀਤ ਸਿੰਘ ਚਾਵਲਾ ਨੌਜਵਾਨਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਅੰਤ੍ਰਿੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਬਾਬਾ ਲੱਖਾ ਸਿੰਘ ਨਾਨਕਸਰ, ਸਵਾਮੀ ਜੀ ਹੁਸ਼ਿਆਰਪੁਰ ਵਾਲੇ, ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ, ਮੈਨੇਜਰ ਸ. ਮਲਕੀਤ ਸਿੰਘ, ਐਕਸੀਅਨ ਸ. ਸੁਖਜਿੰਦਰ ਸਿੰਘ, ਇੰਚਾਰਜ ਸ. ਸਿਮਰਨਜੀਤ ਸਿੰਘ ਕੰਗ, ਵਧੀਕ ਮੈਨੇਜਰ ਸ. ਹਰਦੇਵ ਸਿੰਘ,ਸ. ਕਰਮਜੀਤ ਸਿੰਘ ਤੇ ਸ. ਜਸਵੀਰ ਸਿੰਘ ਮੀਤ ਮੈਨੇਜਰਸ. ਸਤਨਾਮ ਸਿੰਘ ਸੁਪਰਵਾਈਜ਼ਰ,ਅਕਾਊਟੈਂਟ ਸ. ਭੁਪਿੰਦਰ ਸਿੰਘ, ਜਥੇਦਾਰ ਰਾਮ ਸਿੰਘ, ਸ. ਜਗਨੰਦਨ ਸਿੰਘ ਆਦਿ ਹਾਜ਼ਰ ਸਨ।
Comments
Start the conversation
Become a member of New India Abroad to start commenting.
Sign Up Now
Already have an account? Login