ਸ਼੍ਰੋਮਣੀ ਅਕਾਲੀ ਦਲ ਦੀ ਬਾਗੀ ਲੀਡਰਸ਼ਿਪ ਨੇ ਇੱਕ ਪ੍ਰੈੱਸ ਬਿਆਨ ਜਾਰੀ ਕੀਤਾ ਹੈ। ਜਿਸ ਵਿੱਚ 7 ਮਾਰਚ ਦੇ ਦਿਨ ਨੂੰ ਇਤਿਹਾਸਿਕ ਤੌਰ ਤੇ ਪੰਥ ਅਤੇ ਕੌਮ ਲਈ ਕਾਲਾ ਦਿਨ ਕਰਾਰ ਦਿੱਤਾ। ਸ. ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਜਥੇ: ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਜਥੇ: ਸੰਤਾ ਸਿੰਘ ਉਮੈਦਪੁੱਰੀ, ਜਥੇ: ਸੁੱਚਾ ਸਿੰਘ ਛੋਟੇਪੁਰ, ਬੀਬੀ ਪਰਮਜੀਤ ਕੌਰ ਗੁਲਸ਼ਨ, ਜਥੇ: ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸ: ਚਰਨਜੀਤ ਸਿੰਘ ਬਰਾੜ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨੂੰ ਸ੍ਰੀ ਅਕਾਲ ਤਖਤ ਤੋਂ ਭਗੌੜੀ ਕਹਿੰਦੇ ਹੋਏ ਸਾਂਝਾ ਬਿਆਨ ਜਾਰੀ ਕੀਤਾ ਗਿਆ ਹੈ।
ਜਾਰੀ ਬਿਆਨ ਵਿੱਚ ਆਗੂਆਂ ਨੇ ਕਿਹਾ ਕਿ, ਸ਼੍ਰੋਮਣੀ ਅਕਾਲੀ ਦਲ ਦੀ ਸੋਚ ਨੂੰ ਸਮਰਪਿਤ ਕੋਈ ਵੀ ਵਰਕਰ ਅਤੇ ਲੀਡਰ ਕਦੇ ਵੀ ਜਾਣੇ ਅਣਜਾਣੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਰਵਉਚਤਾ, ਸੰਕਲਪ ਅਤੇ ਪ੍ਰਭੂਸੱਤਾ ਦੇ ਖਿਲਾਫ ਜਾਣ ਬਾਰੇ ਸੋਚ ਤੱਕ ਨਹੀਂ ਸਕਦਾ, ਪਰ ਕੁਝ ਨੇਤਾਵਾਂ ਵੱਲੋਂ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ।
ਆਗੂਆਂ ਨੇ ਕਿਹਾ ਕਿ ਕੌਮ ਅਤੇ ਪੰਥ ਨੂੰ ਜਿਹੜੇ ਲੋਕਾਂ ਨੇ ਵੰਗਾਰਿਆ ਹੈ, ਸੰਗਤ ਉਸ ਦਾ ਜਵਾਬ ਦੇਵੇਗੀ। ਇਹ ਹਮਲੇ ਠੀਕ ਉਸੇ ਤਰ੍ਹਾਂ ਦੇ ਹਨ ਜਿਸ ਤਰਾਂ ਮੁਗਲ ਰਾਜ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸੰਕਲਪ ਨੂੰ ਢਾਹੁਣ ਲਈ ਕੀਤੇ ਜਾਂਦੇ ਰਹੇ ਸਨ।
ਜਾਰੀ ਬਿਆਨ ਵਿੱਚ ਆਗੂਆਂ ਨੇ ਕਿਹਾ ਕਿ ਕੁਝ ਲੋਕ ਸੁਖਬੀਰ ਸਿੰਘ ਬਾਦਲ ਦੀ ਸਿਆਸਤ ਨੂੰ ਬਚਾਉਣ ਲਈ ਪੰਥ ਵਿਰੋਧੀ ਕਾਰਜ ਕਰ ਰਹੇ ਹਨ।ਗਿਆਨੀ ਹਰਪ੍ਰੀਤ ਸਿੰਘ ਨੂੰ ਟਾਰਗੇਟ ਕੀਤਾ ਗਿਆ, ਇੱਕ ਝੂਠੀ ਸ਼ਿਕਾਇਤ ਦੇ ਆਧਾਰ ਤੇ ਓਹਨਾ ਨੂੰ ਜ਼ਲੀਲ ਕਰਕੇ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਸੱਤ ਮੈਂਬਰੀ ਭਰਤੀ ਕਮੇਟੀ ਨੂੰ ਤਾਰਪੀਡੋ ਕਰਨ ਦੀ ਸਾਜ਼ਿਸ਼ ਰਚੀ ਗਈ ਅਤੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਪ੍ਰਭੂਸੱਤਾ ਨੂੰ ਦਾਅ ਤੇ ਲਗਾ ਦਿੱਤਾ ਗਿਆ।
ਇਸ ਤੋਂ ਇਲਾਵਾ ਲੀਡਰਸ਼ਿਪ ਨੇ ਕਿਹਾ ਕਿ ਸੱਤਾ ਕਾਲ ਦੌਰਾਨ ਜਿਹੜੇ ਵੱਡੇ ਗੁਨਾਹਾਂ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸਜਾ ਲੱਗੀ ਸੀ, ਹੁਣ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘੁਬੀਰ ਸਿੰਘ ਅਤੇ ਜੱਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਹਟਾਇਆ ਗਿਆ, ਇਸ ਗੁਨਾਹ ਦੀ ਕਿਤੇ ਵੀ ਮੁਆਫੀ ਨਹੀਂ ਹੋ ਸਕਦੀ।
Comments
Start the conversation
Become a member of New India Abroad to start commenting.
Sign Up Now
Already have an account? Login