ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਤ ਮਾਤਾ ਗੁਜਰ ਕੌਰ ਜੀ ਦੇ 400 ਸਾਲਾ ਜਨਮ ਦਿਹਾੜੇ ਦੀ ਸ਼ਤਾਬਦੀ ਦੇ ਸਮਾਗਮ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਕਰਤਾਰਪੁਰ (ਜਲੰਧਰ) ਵਿਖੇ ਪੰਥਕ ਜਾਹੋ-ਜਲਾਲ ਨਾਲ ਸੰਪੂਰਨ ਹੋਏ। ਸ਼੍ਰੋਮਣੀ ਕਮੇਟੀ ਵੱਲੋਂ ਆਯੋਜਤ ਕੀਤੇ ਗਏ ਸ਼ਤਾਬਦੀ ਦੇ ਮੁੱਖ ਸਮਾਗਮ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਸਮੇਤ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਮਾਤਾ ਗੁਜਰ ਕੌਰ ਜੀ ਦੇ ਜੀਵਨ ਅਤੇ ਕੁਰਬਾਨੀ ਦੀ ਸੇਧ ਵਿਚ ਸਿੱਖ ਜਗਤ ਨੂੰ ਆਦਰਸ਼ਕ ਜੀਵਨ ਜਾਚ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ। ਬੁਲਾਰਿਆਂ ਨੇ ਵਿਸ਼ੇਸ਼ ਕਰਕੇ ਸਿੱਖ ਮਾਵਾਂ ਨੂੰ ਮਾਤਾ ਗੁਜਰ ਕੌਰ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੇ ਬੱਚਿਆਂ ਦੀ ਸੰਸਾਰੀ ਅਤੇ ਆਤਮਿਕ ਪਰਵਰਿਸ਼ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਮਾਤਾ ਗੁਜਰ ਕੌਰ ਜੀ ਉਹ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ ਨਿਖਾਰਨ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਬਾਲ ਉਮਰੇ ਆਪਣੇ ਅਕੀਦੇ ਉੱਪਰ ਕਾਇਮ ਰਹਿੰਦਿਆਂ ਵੱਡੀ ਸ਼ਹਾਦਤ ਦੇਣ ਲਈ ਦ੍ਰਿੜ੍ਹ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸੰਸਾਰ ਧਰਮ ਨਿਰਪੇਖਤਾ ਤੇ ਜਮਹੂਰੀਅਤ ਦੀ ਗੱਲ ਕਰਦਾ ਹੈ, ਪਰ ਮਾਤਾ ਗੁਜਰੀ ਜੀ ਦੇ ਸਪੁੱਤਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਚ ਖਾਲਸੇ ਦੀ ਸਾਜਨਾ ਕਰਕੇ ਵਿਸ਼ਵ ਦਾ ਅਦੁੱਤੀ ਇਨਕਲਾਬ ਲਿਆਂਦਾ, ਜਿਸ ਵਿਚ ਮਨੁੱਖੀ ਬਰਾਬਰੀ, ਭਰਾਤਰੀ ਭਾਵ ਅਤੇ ਜਮਹੂਰੀਅਤ ਦੀ ਸਿਖ਼ਰ ਦਾ ਪ੍ਰਗਟਾਵਾ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਸਿੱਖ ਕੌਮ ਮਾਤਾ ਗੁਜਰ ਕੌਰ ਜੀ ਦੇ ਜੀਵਨ ਆਦਰਸ਼ਾਂ ਅਨੁਸਾਰ ਤਰਜ਼ੀਹਾਂ ਨਿਰਧਾਰਤ ਕਰੇ। ਉਨ੍ਹਾਂ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਵਰਤਾਰੇ ਦੀ ਵੀ ਕਰੜੀ ਅਲੋਚਨਾ ਕਰਦਿਆਂ ਕਿਹਾ ਕਿ ਪੰਥ ਵਿਰੋਧੀਆਂ ਵੱਲੋਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਸਿੱਖ ਕੌਮ ਦੀ ਅੱਡਰੀ ਹੋਂਦ ਹਸਤੀ ਨੂੰ ਰਲਗੱਡ ਕਰਨ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕੌਮ ਨੂੰ ਅਜਿਹੇ ਹਮਲਿਆਂ ਤੋਂ ਸੁਚੇਤ ਹੋਣ ਲਈ ਕਿਹਾ।
ਇਸੇ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਮਾਤਾ ਗੁਜਰ ਕੌਰ ਸਬਰ, ਸਿਦਕ, ਸਹਿਣਸ਼ੀਲਤਾ ਦਾ ਮਹਾਨ ਸੋਮਾ ਅਤੇ ਵਿਸ਼ਾਲ ਜਿਗਰੇ ਵਾਲੇ ਸਨ, ਜਿਨ੍ਹਾਂ ਦੀ ਕੁਖੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ਮਾਨ ਹੋਏ। ਉਨ੍ਹਾਂ ਆਖਿਆ ਕਿ ਇਹ ਅਦਰਸ਼ਕ ਸ਼ਖ਼ਸੀਅਤ ਹਰ ਮਾਂ ਲਈ ਪ੍ਰੇਰਣਾ ਸਰੋਤ ਬਣਨੀ ਚਾਹੀਦੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਥ ਦੀ ਮਜ਼ਬੂਤੀ ਲਈ ਇਕਜੁਟ ਹੋਣ ਦਾ ਵੀ ਸੱਦਾ ਦਿੱਤਾ। ਉਨ੍ਹਾਂ ਕਿਹ ਕਿ ਪੰਥ ਨੂੰ ਧਾਰਮਿਕ ਤੇ ਰਾਜਸੀ ਤੌਰ ’ਤੇ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਤੋਂ ਚੇਤੰਨ ਰਹਿਣਾ ਜ਼ਰੂਰੀ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਗੱਲ ਕਰਦਿਆਂ ਕਿਹਾ ਕਿ ਇਹ ਇਕ ਇਮਾਰਤ ਨਹੀਂ, ਸਗੋਂ ਇਕ ਸਿਧਾਂਤ ਹੈ। ਇਮਾਰਤ ਨੂੰ ਤਾਂ ਢਾਹਿਆ ਜਾ ਸਕਦਾ ਹੈ, ਲੇਕਿਨ ਸਿਧਾਂਤ ਅਤੇ ਸੰਕਲਪ ਮੇਟੇ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਏਸੇ ਕਰਕੇ ਹੀ ਦੁਸ਼ਮਣਾਂ ਦੀ ਸਦਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਮਜ਼ੋਰ ਕਰਨ ਦੀ ਤਾਕ ਰਹਿੰਦੀ ਹੈ। ਅਬਦਾਲੀ ਅਤੇ ਇੰਦਰਾ ਵੀ ਇਸੇ ਭੁੱਲ ਵਿਚ ਹੀ ਰਹੇ। ਉਨ੍ਹਾਂ ਕੌਮ ਨੂੰ ਆਪਣੀਆਂ ਸੰਸਥਾਵਾਂ ਦੇ ਸਿਧਾਂਤ ‘’ਤੇ ਪਹਿਰਾ ਦੇਣ ਲਈ ਕਿਹਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਤੇਜਾ ਸਿੰਘ ਖੁਡਾ ਕੁਰਾਲਾ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਕਵੀਸ਼ਰ ਗਿਆਨੀ ਗੁਰਮੁੱਖ ਐਮ.ਏ. ਦੀ ਪੁਸਤਕ ਵੀ ਰੀਲੀਜ਼ ਕੀਤੀ ਗਈ ਅਤੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਨਮਾਨਿਤ ਕੀਤਾ। ਵਿਸ਼ੇਸ਼ ਕਰਕੇ ਸਮਾਜ ਸੇਵਾ ਦੇ ਖੇਤਰ ਵਿਚ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਬੀਬੀਆਂ ਨੂੰ ਵੀ ਸਨਮਾਨ ਦਿੱਤੇ ਗਏ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਨਾਲ ਜੋੜਿਆ।
ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Comments
Start the conversation
Become a member of New India Abroad to start commenting.
Sign Up Now
Already have an account? Login