ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਜਲ ਪਾਣੀ ਅਤੇ ਲੰਗਰਾਂ ਰਾਹੀਂ ਸੇਵਾ ਕੀਤੀ ਗਈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਸਾਰ ਦੇ ਸਰਬਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਜੀਵਨ ਮਾਨਵਤਾ ਲਈ ਕਲਿਆਣਕਾਰੀ ਹੈ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤ-ਪਾਤ ਦੀ ਵਲਗਣ ਵਿੱਚੋਂ ਕੱਢਿਆ ਅਤੇ ਦੱਬੀ ਕੁਚਲੀ, ਲਤਾੜੀ ਤੇ ਦਬਾਈ ਜਾ ਰਹੀ ਲੋਕਾਈ ਵਾਸਤੇ ਆਸ ਅਤੇ ਧਰਵਾਸ ਬਣੇ। ਉਨ੍ਹਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨਾਲ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਮਾਰਗ ਨਿਰਧਾਰਤ ਕੀਤਾ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਗੁਰਬਾਣੀ ਉਪਦੇਸ਼ਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕਰਦਿਆਂ ਕਿਹਾ ਕਿ ਸਾਡਾ ਸਭ ਦਾ ਫਰਜ ਹੈ ਕਿ ਅਸੀਂ ਗੁਰੂ ਸਾਹਿਬ ਵੱਲੋਂ ਬਖਸ਼ੇ ਫਲਸਫੇ ਨੂੰ ਸੰਸਾਰ ਵਿਚ ਫੈਲਾਉਣ ਦਾ ਯਤਨ ਕਰੀਏ।
Comments
Start the conversation
Become a member of New India Abroad to start commenting.
Sign Up Now
Already have an account? Login