ADVERTISEMENTs

ਅਕਾਲੀ ਦਲ 7-ਮੈਂਬਰੀ ਕਮੇਟੀ ਰਾਹੀਂ ਭਰਤੀ ਕਰਵਾਉਣ ਨੂੰ ਤਿਆਰ ਨਹੀਂ, ਕਮੇਟੀ ਮੈਂਬਰਾਂ ਨੇ ਜਥੇਦਾਰ ਨੂੰ ਦੱਸਿਆ

ਅਕਾਲੀ ਦਲ ਭਰਤੀ ਕਮੇਟੀ ਨੇ ਅਕਾਲ ਤਖ਼ਤ ਜਥੇਦਾਰ ਨਾਲ ਕੀਤੀ ਮੁਲਾਕਾਤ। 7-ਮੈਂਬਰੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਜਥੇਦਾਰ ਸਾਹਿਬ ਨੂੰ ਸੂਚਿਤ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਭਰਤੀ ਕਰਨ ਅਤੇ ਕੰਮ ਕਰਨ ਦੀ ਇਜਾਜ਼ਤ ਨਹੀਂ ਦੇ ਰਹੀ ਹੈ। ਹੁਣ ਇਸ ਬਾਰੇ ਫੈਸਲਾ ਜਥੇਦਾਰ ਹੀ ਲੈਣਗੇ।

ਅਕਾਲ ਤਖ਼ਤ ਦੇ ਜਥੇਦਾਰ ਦੀ ਰਿਹਾਇਸ਼ ਦੇ ਬਾਹਰ ਅਕਾਲੀ ਦਲ ਭਰਤੀ ਲਈ ਬਣੀ 7-ਮੈਂਬਰੀ ਕਮੇਟੀ ਦੇ ਮੈਂਬਰ। / ਜੇਕੇ ਸਿੰਘ

ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਲਈ ਬਣਾਈ ਗਈ 7-ਮੈਂਬਰੀ ਕਮੇਟੀ ਵਿੱਚੋਂ ਪੰਜ ਮੈਂਬਰਾਂ ਨੇ 23 ਫ਼ਰਵਰੀ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅੰਮ੍ਰਿਤਸਰ ਵਿਖੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੈਦਪੁਰੀ, ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ ਅਤੇ ਬੀਬੀ ਸਤਵੰਤ ਕੌਰ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਇਸ ਕਮੇਟੀ ਦੇ ਦੋ ਹਰ ਮੈਂਬਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਉਨ੍ਹਾਂ ਨੂੰ ਇਸ ਕਮੇਟੀ ਤੋਂ ਫ਼ਾਰਗ ਕਰਨ ਲਈ ਲਿਖ ਚੁੱਕੇ ਹਨ, ਇਸ ਲਈ ਉਹ ਕਮੇਟੀ ਦੀ ਮੁਲਾਕਾਤਾਂ ਵਿੱਚ ਸ਼ਾਮਲ ਨਹੀਂ ਹੋ ਰਹੇ।

ਕਮੇਟੀ ਮੈਂਬਰਾਂ ਮੁਤਾਬਕ, ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ ਭਰਤੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਦੱਸਿਆ ਕਿ 19 ਫ਼ਰਵਰੀ ਨੂੰ ਅਕਾਲ ਤਖ਼ਤ ਸਕੱਤਰੇਤ ਨੂੰ ਕਮੇਟੀ ਦੀ ਹੁਣ ਤੱਕ ਦੀ ਕਾਰਵਾਈ ਸਬੰਧੀ ਸਮੁੱਚੀ ਰਿਪੋਰਟ ਸੌਂਪ ਚੁੱਕੇ ਹਨ। ਜਥੇਦਾਰ ਨੇ ਉਨ੍ਹਾਂ ਨੂੰ ਕੁਝ ਦਿਨ ਇੰਤਜ਼ਾਰ ਕਰਨ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ ਹੀ ਅੱਗੇ ਕਾਰਵਾਈ ਹੋਵੇਗੀ।  

7-ਮੈਂਬਰੀ ਕਮੇਟੀ ਰਾਹੀਂ ਭਰਤੀ 'ਤੇ ਅਕਾਲੀ ਦਲ ਦੀ ਅਸਹਿਮਤੀ
ਮੁਲਾਕਾਤ ਤੋਂ ਬਾਅਦ ਕਮੇਟੀ ਮੈਂਬਰ ਮਨਪ੍ਰੀਤ ਸਿੰਘ ਇਆਲੀ ਅਤੇ ਇਕਬਾਲ ਸਿੰਘ ਝੂੰਦਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਭਰਤੀ ਕਰਨ ਦੀ ਇਜਾਜ਼ਤ ਨਹੀਂ ਦੇ ਰਹੀ। ਹੁਣ ਫੈਸਲਾ ਜਥੇਦਾਰ ਹੀ ਲੈਣਗੇ।  

ਸ਼੍ਰੋਮਣੀ ਕਮੇਟੀ 'ਤੇ ਵਿਰੋਧੀ ਰੁਖ  
ਗੁਰਪ੍ਰਤਾਪ ਸਿੰਘ ਵਡਾਲਾ ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਕਮੇਟੀ ਅਕਾਲ ਤਖ਼ਤ ਦੇ ਅਧਿਕਾਰ ਖੇਤਰ ਨੂੰ ਸੀਮਤ ਕਰਕੇ ਉਸਦੀ ਅਹਿਮੀਅਤ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨਾਲ ਟਕਰਾਅ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ "ਸਿੱਖ ਗੁਰਦੁਆਰਾ ਐਕਟ 1925 ਗੁਰਦੁਆਰਿਆਂ ਦੇ ਪ੍ਰਬੰਧ ਲਈ ਹੈ, ਪਰ ਅਕਾਲ ਤਖ਼ਤ ਦੇ ਹੁਕਮ ਇਸ ਦੀ ਹਦਬੰਦੀ ਵਿੱਚ ਨਹੀਂ ਆਉਂਦੇ।"

ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਕਾਲ ਤਖ਼ਤ ਤੋਂ "ਭਗੌੜਾ" ਕਰਾਰ ਦਿੰਦਿਆਂ ਕਿਹਾ ਕਿ ਪੰਥਕ ਆਗੂ ਅਕਾਲ ਤਖ਼ਤ ਦੇ ਹੁਕਮ ਨਹੀਂ ਮੰਨ ਰਹੇ, ਜਿਸ ਕਰਕੇ "ਸਿੱਖ ਕੌਮ ਉਨ੍ਹਾਂ ਨੂੰ ਕਦੇ ਪ੍ਰਵਾਨ ਨਹੀਂ ਕਰੇਗੀ।"  

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਸੰਬੰਧੀ, ਉਨ੍ਹਾਂ ਨੇ ਕਿਹਾ ਕਿ ਧਾਮੀ ਆਪ ਹੀ ਇਸ ਬਾਰੇ ਜਾਣਕਾਰੀ ਦੇ ਸਕਦੇ ਹਨ। ਹਾਲਾਂਕਿ, ਕਮੇਟੀ ਮੈਂਬਰਾਂ ਨੇ ਉਨ੍ਹਾਂ ਨੂੰ "ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ ਆਪਣੀ ਭੂਮਿਕਾ ਮੁੜ ਸ਼ੁਰੂ ਕਰਨ" ਦੀ ਸਲਾਹ ਦਿੱਤੀ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related