l
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਗਏ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਰਸਮੀ ਤੌਰ ’ਤੇ ਆਰੰਭਤਾ ਵੀ ਕੀਤੀ ਗਈ।
ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸੇ ਸਾਲ ਨਵੰਬਰ ਮਹੀਨੇ ਵਿਚ ਆ ਰਹੇ ਗੁਰੂ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋ ਕੇ ਆਪਣੇ ਨਿਤਨੇਮ ਤੋਂ ਇਲਾਵਾ ਰੋਜ਼ਾਨਾ ਇਕ ਜਪੁਜੀ ਸਾਹਿਬ ਦਾ ਪਾਠ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਸ਼ਹਾਦਤ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਮਿਸਾਲ ਹੈ, ਜਿਸ ਦੀ ਸੇਧ ਵਿਚ ਮਾਨਵੀ ਸਰੋਕਾਰਾਂ ਨੂੰ ਸਮਾਜ ਵਿਚ ਉਭਾਰਨ ਲਈ ਹਰ ਸਿੱਖ ਯੋਗਦਾਨ ਪਾਵੇ। ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਅਤੇ ਉਨ੍ਹਾਂ ਦੇ ਸੇਵਕ ਭਾਈ ਮਤੀ ਦਾਸ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਗੁਰਤਾਗੱਦੀ ਦਿਵਸ ਖ਼ਾਲਸਾ ਪੰਥ ਵੱਲੋਂ ਵੱਡੇ ਪੱਧਰ ’ਤੇ ਮਨਾਏ ਜਾਣਗੇ। ਇਸ ਸਬੰਧ ਵਿਚ ਵੱਖ-ਵੱਖ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਵਿਚ ਨਗਰ ਕੀਰਤਨ, ਸੈਮੀਨਾਰ, ਅੰਮ੍ਰਿਤ ਸੰਚਾਰ ਅਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਤਾਬਦੀਆਂ ਦੀ ਰਸਮੀ ਸ਼ੁਰੂਆਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਕੀਤੀ ਗਈ ਹੈ ਅਤੇ ਜਲਦ ਹੀ ਅਗਲੇ ਸਮਾਗਮ ਆਰੰਭ ਦਿੱਤੇ ਜਾਣਗੇ।
ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਲੰਘੇ ਬਜਟ ਇਜਲਾਸ ਵਿਚ ਕੇਂਦਰ ਸਰਕਾਰ ਨੂੰ ਗੁਰੂ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰਾਂ ਲਈ ਵਿਸ਼ੇਸ਼ ਪਹਿਲਕਦਮੀਂ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਨੂੰ ਅਮਲੀ ਰੂਪ ਦੇਣਾ ਸਰਕਾਰ ਦੀ ਜ਼ੁੰਮੇਵਾਰੀ ਬਣਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨੌਵੇਂ ਪਾਤਸ਼ਾਹ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਪੂਰੀ ਦੁਨੀਆ ਅੰਦਰ ਮਾਰਗ ਦਰਸ਼ਕ ਵਜੋਂ ਜਾਣੇ ਜਾਂਦੇ ਹਨ ਅਤੇ ਭਾਰਤ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਸ਼ਤਾਬਦੀ ਨੂੰ ਸਮਰਪਿਤ ਹੋ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਪਿਛਲੀ ਦਿੱਲੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਇਨ੍ਹਾਂ ਨੇ ਸਿੱਖ ਮਸਲਿਆਂ ਵਿਚ ਜਾਣਬੁਝ ਕੇ ਦਖ਼ਲਅੰਦਾਜ਼ੀ ਦੀ ਹਰਕਤ ਤਾਂ ਹਮੇਸ਼ਾ ਕੀਤੀ ਹੈ, ਲੇਕਿਨ ਇਹ ਕਦੀ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦ ਨਹੀਂ ਰਹੇ। ਦਿੱਲੀ ਦੀ ਆਪ ਸਰਕਾਰ ਦੇ ਇਕ ਦਸਤਖ਼ਤਾਂ ’ਤੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਹੋ ਸਕਦੀ ਹੈ, ਪਰ ਇਹ ਹਮੇਸ਼ਾ ਹੀ ਸਿੱਖ ਵਿਰੋਧੀ ਭੂਮਿਕਾ ਵਿਚ ਨਜ਼ਰ ਆਏ।
ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸੰਗਤ ਨਾਲ ਨੌਵੇਂ ਪਾਤਸ਼ਾਹ ਦੇ ਇਤਿਹਾਸ ਨੂੰ ਸਾਂਝਾ ਕੀਤਾ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਸੰਗਤ ਨੂੰ ਕਥਾ ਵਿਚਾਰਾਂ ਨਾਲ ਜੋੜਿਆ ਅਤੇ ਰਾਗੀ, ਢਾਡੀ ਜਥਿਆਂ ਨੇ ਵੀ ਹਾਜ਼ਰੀ ਭਰੀ।
Comments
Start the conversation
Become a member of New India Abroad to start commenting.
Sign Up Now
Already have an account? Login