ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਜਬਰੀ ਸੇਵਾ-ਮੁਕਤ ਕਰਨ ਦੇ ਫੈਸਲੇ ਨੂੰ ਲੈ ਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਵੱਲੋਂ ਸਿੱਖ ਸੰਗਤ ਦਾ ਇਕੱਠ 14 ਮਾਰਚ ਨੂੰ ਸੱਦਿਆ ਗਿਆ ਹੈ। ਬਾਬਾ ਹਰਨਾਮ ਸਿੰਘ ਧੁੰਮਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਦੋਵੇਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਨੂੰ ਲਾਂਭੇ ਕਰਨ ਦੇ ਫੈਸਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਮੁੱਚੇ ਸੰਤ ਸਮਾਜ ਤੇ ਪੰਥ ਦਰਦੀਆਂ ਨੇ 14 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜ ਪਿਆਰਾ ਪਾਰਕ ਵਿੱਚ ਇਕੱਤਰਤਾ ਬੁਲਾਈ ਹੋਈ।
ਦਮਦਮੀ ਟਕਸਾਲ ਨੇ ਅਕਾਲ ਤਖ਼ਤ ਦੇ ਨਵ-ਨਿਯੁਕਤ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬਾਰੇ ਕਿਹਾ ਕਿ ਉਹ ਪੜ੍ਹੇ ਲਿਖੇ ਨਾਮਵਰ ਸਿੱਖ ਪ੍ਰਚਾਰਕ ਹਨ ਅਤੇ ਵਿਅਕਤੀਗਤ ਰੂਪ ਵਿੱਚ ਉਹਨਾਂ ਦੇ ਪਿਛੋਕੜ ਨਾਲ ਕੋਈ ਵਿਵਾਦ ਨਹੀਂ ਜੁੜਿਆ ਹੈ। ਪਰ ਬਾਦਲ ਦਲ ਨੇ ਜਿਸ ਤਰੀਕੇ ਨਾਲ ਪੰਥ ਨੂੰ ਬਿਨਾ ਭਰੋਸੇ ਵਿੱਚ ਲਿਆ ਅਤੇ ਪੰਥਕ ਨਿਯਮਾਂ ਨੂੰ ਦਰ-ਕਿਨਾਰ ਕਰਕੇ ਨਵੇਂ ਜਥੇਦਾਰਾਂ ਦੀ ਚੋਣ ਕੀਤੀ ਹੈ, ਯਕੀਨਨ ਇਹ ਚੋਣ ਵੀ ਪੰਥ ਦੇ ਵੱਡੇ ਹਿੱਸੇ ਵਿੱਚ ਪ੍ਰਵਾਨ ਨਹੀਂ ਹੋਣੀ।
ਬਾਬਾ ਹਰਨਾਮ ਸਿੰਘ ਨੇ ਕਿਹਾ ਕਿ ਸਿੱਖ ਸਿਧਾਂਤਾ ਅਤੇ ਤਖਤ ਸਹਿਬਾਨ ਦੇ ਹੋਏ ਅਪਮਾਨ ਅਤੇ ਪੰਥਕ ਮਰਿਆਦਾ ਦੇ ਹੋਏ ਨਿਰਾਦਰ ਨੂੰ ਵੇਖਦੇ ਹੋਏ 14 ਮਾਰਚ ਨੂੰ ਪੰਜ ਪਿਆਰਾ ਪਾਰਕ ਦੇ ਸਾਹਮਣੇ ਦਮਦਮੀ ਟਕਸਾਲ ਦੇ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਇਕੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਸਥਾਵਾਂ ਅਤੇ ਸਮੁੱਚੇ ਪੰਥ ਨੂੰ ਬੇਨਤੀ ਕੀਤੀ ਕਿ ਇਸ ਪੰਥਕ ਇਕੱਠ ਵਿੱਚ ਜ਼ਰੂਰ ਪਹੁੰਚਣ। ਉਨ੍ਹਾਂ ਨੇ ਕਿਹਾ ਕਿ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਦੇ ਸਤਿਕਾਰ ਨੂੰ ਬਚਾਉਣ ਦੀ ਸਖ਼ਤ ਲੋੜ ਹੈ। ਜਿਨ੍ਹਾਂ ਨੇ ਪੰਥ ਨੂੰ ਇਹ ਦਿਨ ਵਿਖਾਏ ਹਨ, ਉਨ੍ਹਾਂ ਨੂੰ ਸਬਕ ਸਿਖਾਉਣ ਦੀ ਜ਼ਰੂਰਤ ਹੈ।
ਇੱਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦਲ ਖਾਲਸਾ ਨੇ ਵੀ ਪੰਥ ਵਿੱਚ ਚੱਲ ਰਹੇ ਵਿਵਾਦ ਨੂੰ ਲੈ ਕੇ ਆਪਣੀ ਪ੍ਰਤੀਕਿਿਰਆ ਦਿੱਤੀ ਸੀ। ਦਲ ਖ਼ਾਲਸਾ ਨੇ ਕਿਹਾ ਹੈ ਕਿ ਜਦੋਂ ਤੱਕ ਤਖ਼ਤ ਜਥੇਦਾਰਾਂ ਦੀ ਨਿਯੁਕਤੀ ਅਤੇ ਉਨ੍ਹਾਂ ਨੂੰ ਸੇਵਾ ਮੁਕਤ ਕਰਨ ਦਾ ਕੋਈ ਵਿਧੀ-ਵਿਧਾਨ ਅਤੇ ਪ੍ਰਬੰਧ ਹੋਂਦ ਵਿੱਚ ਨਹੀਂ ਆਉਂਦਾ ਉਦੋਂ ਤੱਕ ਅਜਿਹੀਆਂ ਅਣਸੁਖਾਂਵੀ ਘਟਨਾਵਾਂ ਸਾਹਮਣੇ ਆਉਂਦੀਆਂ ਰਹਿਣਗੀਆਂ ।
Comments
Start the conversation
Become a member of New India Abroad to start commenting.
Sign Up Now
Already have an account? Login