ਅੰਮ੍ਰਿਤਸਰ, 14 ਮਾਰਚ- ਨਾਨਕਸ਼ਾਹੀ ਸੰਮਤ 557 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।
ਨਾਨਕਸ਼ਾਹੀ ਸੰਮਤ 557 ਨਵੇਂ ਵਰ੍ਹੇ ਦੀ ਆਮਦ ਸਬੰਧੀ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਏ, ਜਿਸ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਸਮਾਗਮ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੰਮਤ ਨਾਨਕਸ਼ਾਹੀ 557 ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਸਿੱਖ ਦੇ ਜੀਵਨ ਦਾ ਆਧਾਰ ਹੈ, ਸਿੱਖ ਨੂੰ ਹਮੇਸ਼ਾਂ ਗੁਰਬਾਣੀ ਦੀ ਸੇਧ ਵਿਚ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਲਈ ਵੀ ਪ੍ਰੇਰਿਆ ਅਤੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ ਦੀ ਅਪੀਲ ਕੀਤੀ।
ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਹਰ ਸਿੱਖ ਆਪਣੇ ਘਰ ਵਿਚ ਨਾਨਕਸ਼ਾਹੀ ਕੈਲੰਡਰ ਲਗਾਏ ਤਾਂ ਜੋ ਸਾਡੇ ਬੱਚੇ ਸਿੱਖ ਇਤਿਹਾਸ ਦੇ ਦਿਹਾੜਿਆਂ ਤੋਂ ਜਾਣੂ ਹੋ ਸਕਣ। ਦੇਰ ਰਾਤ ਤੱਕ ਚਲੇ ਗੁਰਮਤਿ ਸਮਾਗਮ ’ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਗੁਰਮੇਲ ਸਿੰਘ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਪ੍ਰੋਫੈਸਰ ਡਾ. ਜਤਿੰਦਰ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਢਾਡੀ ਜਥਿਆਂ ਨੇ ਗੁਰ-ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਸਮੇਤ ਸੰਗਤਾਂ ਹਾਜ਼ਰ ਸਨ।
Comments
Start the conversation
Become a member of New India Abroad to start commenting.
Sign Up Now
Already have an account? Login