ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿਖੇ ਦੁਬਾਰਾ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਹੁਣ ਕਮੇਟੀ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਜਾਣਕਾਰੀ ਦੇਣਗੇ। ਅਗਲੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਕੀਤੀ ਜਾਵੇਗੀ। ਇਸ ਮੀਟਿੰਗ ਤੋਂ ਪਹਿਲਾਂ ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਕੱਲ੍ਹ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਹੈ। ਇਹ ਦੋਵੇਂ ਮੈਂਬਰ ਅੱਜ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ ਤੇ ਬਾਕੀ ਪੰਜ ਮੈਂਬਰਾਂ ਨੇ ਮੀਟਿੰਗ ਕਰਨ ਦਾ ਫੈਸਲਾ ਕੀਤਾ।
ਦਰਅਸਲ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਮੈਂਬਰਸ਼ਿਪ ਚਲਾਉਣ ਤੇ ਨਵੀਂ ਲੀਡਰਸ਼ਿਪ ਚੁਣਨ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਬਾਦਲ ਧੜੇ ਤੋਂ ਸਹਿਯੋਗ ਨਾ ਮਿਲਣ ਤੋਂ ਖਫਾ ਹੈ। ਇਸ ਲਈ ਹੁਣ ਇਹ ਮਾਮਲਾ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲ ਪਹੁੰਚੇਗਾ। ਇਹ ਕਿਆਸਰਾਈਆਂ ਲੱਗ ਰਹੀਆਂ ਹਨ ਕਿ ਇਸ ਮਾਮਲਾ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖਤ ਹੁਕਮ ਜਾਰੀ ਹੋ ਸਕਦੇ ਹਨ ਅਤੇ ਬਾਦਲ ਧੜੇ ਨੂੰ ਵੱਡਾ ਝਟਕਾ ਲੱਗ ਸਕਦਾ ਹੈ।
ਮੀਟਿੰਗ ਮਗਰੋਂ ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ ਤੇ ਸਤਵੰਤ ਕੌਰ ਨੇ ਦੱਸਿਆ ਕਿ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਬਣਾਈ ਗਈ ਸੀ, ਪਰ ਅਕਾਲੀ ਦਲ ਨੇ ਉਨ੍ਹਾਂ ਨੂੰ ਸਹਿਯੋਗ ਨਹੀਂ ਕੀਤਾ। ਹੁਣ ਸਾਰੇ ਮੈਂਬਰਾਂ ਨੇ ਫੈਸਲਾ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਜਾਵੇਗਾ।
ਮਨਪ੍ਰੀਤ ਸਿੰਘ ਇਆਲੀ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਕਮੇਟੀ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਕਾਲੀ ਦਲ ਤੋਂ ਸਹਿਯੋਗ ਨਾ ਮਿਲਣ ਬਾਰੇ ਦੱਸਾਂਗੇ। ਇਸ ਤੋਂ ਬਾਅਦ ਜੋ ਵੀ ਹੁਕਮ ਦਿੱਤਾ ਜਾਵੇਗਾ, ਉਸ ਦੀ ਪਾਲਣਾ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ 2 ਦਸੰਬਰ, 2024 ਨੂੰ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਪਾਰਟੀ ਦੀ ਲੀਡਰਸ਼ਿਪ ਬਦਲਣ ਲਈ ਇਹ ਕਮੇਟੀ ਬਣਾਈ ਗਈ। ਕਮੇਟੀ ਨੂੰ 6 ਮਹੀਨਿਆਂ ਦੇ ਅੰਦਰ ਮੈਂਬਰਸ਼ਿਪ ਪ੍ਰਕਿਿਰਆ ਪੂਰੀ ਕਰਨ ਤੇ ਪਾਰਟੀ ਦੇ ਨਵੇਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਅਕਾਲੀ ਦਲ ਨੇ ਪਹਿਲਾਂ ਕਾਨੂੰਨੀ ਰੁਕਾਵਟਾਂ ਦਾ ਹਵਾਲਾ ਦਿੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਇਸ ਕਮੇਟੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਪਰ ਜਥੇਦਾਰ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ‘ਤੇ ਅੜੇ ਰਹੇ ਤੇ ਇਸ ਕਮੇਟੀ ਦੀ ਪਹਿਲੀ ਮੀਟਿੰਗ 10 ਫਰਵਰੀ ਨੂੰ ਬੁਲਾਈ ਗਈ।ਅੱਜ ਦੀ ਮੀਟਿੰਗ ਤੋਂ ਪਹਿਲਾਂ ਦੋ ਦੌਰ ਦੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਇਸ ਕਮੇਟੀ ਦਾ ਮੁੱਖ ਉਦੇਸ਼ ਨਵੀਂ ਮੈਂਬਰਸ਼ਿਪ ਪ੍ਰਕਿਿਰਆ ਦੀ ਨਿਗਰਾਨੀ ਕਰਨਾ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੇ ਅਸਤੀਫ਼ਿਆਂ ਤੋਂ ਬਾਅਦ ਕਮੇਟੀ ਵਿੱਚ ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ ਤੇ ਸਤਵੰਤ ਕੌਰ ਸ਼ਾਮਲ ਸਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਦੋਵਾਂ ਆਗੁਆਂ ਦੇ ਅਸਤੀਫ਼ਿਆਂ 'ਤੇ ਅਜੇ ਫੈਸਲਾ ਨਹੀਂ ਲਿਆ ਗਿਆ।
Comments
Start the conversation
Become a member of New India Abroad to start commenting.
Sign Up Now
Already have an account? Login