ADVERTISEMENTs

ਐਮਾਜ਼ੋਨ ਕੰਪਨੀ ਨੂੰ ਵੈਬਸਾਈਟ ਤੋਂ ਗੁਟਕਾ ਸਾਹਿਬ ਹਟਾ ਕੇ ਸਪੱਸ਼ਟੀਕਰਨ ਭੇਜਣ ਲਈ ਸ਼੍ਰੋਮਣੀ ਕਮੇਟੀ ਨੇ ਲਿਖਿਆ ਪੱਤਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਪੋਥੀਆਂ ਅਤੇ ਪਵਿੱਤਰ ਗੁਟਕਾ ਸਾਹਿਬ ਨੂੰ ਇਸ ਐਪ ’ਤੇ ਆਨਲਾਈਨ ਵੇਚਣਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਸ ਦੇ ਸਟੋਰਾਂ ’ਤੇ ਪਾਵਨ ਪੋਥੀਆਂ ਦਾ ਸਤਿਕਾਰ ਕਾਇਮ ਨਹੀਂ ਰਹਿ ਸਕਦਾ।

ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚੇ ਜਾ ਰਹੇ ਹਨ / Screen grab from Amazon

ਇਸ ਵਿੱਚ ਕੋਈ ਸ਼ੱਕ ਨਹੀ ਕਿ ਆਨਲਾਈਨ ਵਿਕਰੀ ਸਹੂਲਤਾਵਾਂ ਨੇ ਸਾਡੀ ਜਿੰਦਗੀ ਨੂੰ ਸੌਖਾ ਕੀਤਾ ਹੈ, ਪਰ ਅਜਿਹੀਆਂ ਆਨਲਾਈਨ ਸਾਈਟਾਂ ‘ਤੇ ਅਕਸਰ ਹੀ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਦੋਸ਼ ਲੱਗਦੇ ਰਹਿੰਦੇ ਹਨ। ਪਹਿਲਾਂ ਵੀ ਕਈ ਵਾਰ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਜਦੋਂ  ਐਮਾਜ਼ੋਨ 'ਤੇ ਗੁਰੂ ਸਾਹਿਬਾਨ ਅਤੇ ਸ੍ਰੀ ਦਰਬਾਰ ਸਾਹਿਬ ਦੀਆਂ ਤਸਵੀਰਾਂ ਵਾਲੀਆਂ ਕੁਝ ਅਜਿਹੀਆਂ ਚੀਜਾਂ ਦੀ ਵਿਕਰੀ ਹੋ ਰਹੀ ਸੀ, ਜਿਨ੍ਹਾਂ 'ਤੇ ਧਾਰਮਿਕ ਤਸਵੀਰ ਦੀ ਛਪਾਈ ਕਰਨ ਦਾ ਸੋਚਿਆ ਵੀ ਨਹੀ ਜਾ ਸਕਦਾ। ਜਿਸ 'ਤੇ ਸਿੱਖ ਸੰਸਥਾਵਾਂ ਵੱਲੋਂ ਇਤਰਾਜ ਉਠਾਇਆ ਗਿਆ ਸੀ ਅਤੇ ਹੁਣ ਤਾਜਾ ਮਾਮਲਾ ਹੈ ਆਨਲਾਈਨ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਜਿਸ ਦੇ ਧਿਆਨ ਵਿੱਚ ਆਉਂਦਿਆ ਸ਼੍ਰੋਮਣੀ ਕਮੇਟੀ ਵੱਲੋਂ ਸਖਤ ਇਤਰਾਜ਼ ਉਠਾਇਆ ਗਿਆ ਹੈ।


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਪੋਥੀਆਂ ਅਤੇ ਪਵਿੱਤਰ ਗੁਟਕਾ ਸਾਹਿਬ ਨੂੰ ਇਸ ਐਪ ’ਤੇ ਆਨਲਾਈਨ ਵੇਚਣਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਸ ਦੇ ਸਟੋਰਾਂ ’ਤੇ ਪਾਵਨ ਪੋਥੀਆਂ ਦਾ ਸਤਿਕਾਰ ਕਾਇਮ ਨਹੀਂ ਰਹਿ ਸਕਦਾ। ਜਦੋਂ ਪਾਰਸਲ ਰਾਹੀਂ ਇਹ ਇਕ ਤੋਂ ਦੂਜੀ ਥਾਂ ’ਤੇ ਪੁੱਜਦੇ ਹਨ ਤਾਂ ਕੁਦਰਤੀ ਹੈ ਕਿ ਇਸ ਦੇ ਸਤਿਕਾਰ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਮਨਾਂ ਅੰਦਰ ਗੁਰਬਾਣੀ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਹੈ ਅਤੇ ਐਮਾਜ਼ੋਨ ਵੱਲੋਂ ਆਨਲਾਈਨ ਗੁਟਕਾ ਸਾਹਿਬਾਨ ਦੀ ਵਿਕਰੀ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ। ਐਡਵੋਕੇਟ ਧਾਮੀ ਨੇ ਐਮਾਜ਼ੋਨ ਨੂੰ ਆਪਣੀ ਵੈੱਬਸਾਈਟ ਤੋਂ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਨੂੰ ਤੁਰੰਤ ਹਟਾਉਣ ਲਈ ਕਿਹਾ।


ਉਨ੍ਹਾਂ ਪਬਲੀਸ਼ਰਾਂ ਨੂੰ ਅਪੀਲ ਕੀਤੀ ਕਿ ਗੁਰਬਾਣੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਉਹ ਗੁਟਕਾ ਸਾਹਿਬ ਅਤੇ ਪਾਵਨ ਪੋਥੀਆਂ ਨੂੰ ਆਨਲਾਈਨ ਵੇਚਣ ਤੋਂ ਗੁਰੇਜ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਨੂੰ ਧਰਮ ਪ੍ਰਚਾਰ ਕਮੇਟੀ ਦੀ ਆਉਣ ਵਾਲੀ ਇਕੱਤਰਤਾ ਵਿਚ ਵੀ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆਉਣ ‘’ਤੇ ਐਮਾਜ਼ੋਨ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ, ਜਿਸ ਮਗਰੋਂ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਬੰਦ ਕਰ ਦਿੱਤੀ ਗਈ ਸੀ। ਇਸ ਸਬੰਧੀ ਐਮਾਜ਼ੋਨ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਕਿ ਉਹ ਤੁਰੰਤ ਵੈੱਬਸਾਈਟ ਤੋਂ ਗੁਰਬਾਣੀ ਦੇ ਗੁਟਕਾ ਸਾਹਿਬਾਨ ਨੂੰ ਹਟਾ ਕੇ ਆਪਣਾ ਸਪੱਸ਼ਟੀਕਰਨ ਸ਼੍ਰੋਮਣੀ ਕਮੇਟੀ ਨੂੰ ਭੇਜਣ।

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related