ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਕਈ ਅਹਿਮ ਫੈਸਲੇ ਲਏ ਗਏ। ਇਕੱਤਰਤਾ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਆਉਣ ਵਾਲੀਆਂ ਸ਼ਤਾਬਦੀਆਂ ਦੀ ਰੂਪ-ਰੇਖਾ ਉਲੀਕਣ ਦੇ ਨਾਲ-ਨਾਲ ਕਈ ਹੋਰ ਫੈਸਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੱਗੇ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਸਮੇਂ ਨਵੀਂ ਤਕਨੀਕ ਅਨੁਸਾਰ ਕਿਊ.ਆਰ. ਕੋਡ ਲਗਾ ਕੇ ਗਿਣਤੀ ਅਤੇ ਹੋਰ ਜਾਣਕਾਰੀਆਂ ਨੂੰ ਸੂਚੀਬੱਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿਚ ਸੁਸ਼ੋਭਿਤ ਅਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਪੂਰੀ ਸਰਵਿਸ ਦੌਰਾਨ 2 ਸਾਲ ਤੱਕ ਦੀ ਹੀ ਵਿਦੇਸ਼ ਛੁੱਟੀ ਦਿੱਤੀ ਜਾਵੇਗੀ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਈਏਐਸ, ਆਈਪੀਐਸ, ਪੀਸੀਐਸ ਆਦਿ ਮੁਕਾਬਲਾ ਪ੍ਰੀਖਿਆਵਾਂ ਲਈ ਸਿੱਖ ਨੌਜੁਆਨਾਂ ਨੂੰ ਤਿਆਰ ਕਰਨ ਲਈ ਚਲਾਈ ਜਾ ਰਹੀ ਨਿਸ਼ਚੈ ਅਕੈਡਮੀ ਲਈ ਇਕ ਵਿਸ਼ਾਲ ਇਮਾਰਤ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਹ ਇਮਾਰਤ ਗੁਰਦੁਆਰਾ ਬਾਗ ਸ਼ਹੀਦਾਂ ਸੈਕਟਰ 44 ਚੰਡੀਗੜ੍ਹ ਵਿਖੇ ਤਿਆਰ ਕੀਤੀ ਜਾਵੇਗੀ, ਜਿਸ ਲਈ ਮੁੱਢਲੇ ਤੌਰ ’ਤੇ 6.50 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਰਿਹਾਇਸ਼ ਦੇ ਵਿਸਥਾਰ ਲਈ ਪਹਿਲਾਂ ਚੱਲ ਰਹੀਆਂ ਤਿੰਨ ਸਰਾਵਾਂ ਦੀਆਂ ਦੋ-ਦੋ ਮੰਜ਼ਲਾਂ ਹੋਰ ਤਿਆਰ ਕੀਤੀਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਇਸ ਮੌਕੇ 325ਵੇਂ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੁਤਾਬਕ ਹਰ ਸਿੱਖ ਆਪਣੇ ਘਰ ’ਤੇ ਖਾਲਸਈ ਝੰਡਾ ਜ਼ਰੂਰ ਝੁਲਾਵੇ। ਉਨ੍ਹਾਂ ਕਿਹਾ ਕਿ ਭਾਵੇਂ ਲੰਘੇ ਕੱਲ੍ਹ ਖਾਲਸਾ ਸਾਜਣਾ ਦਿਵਸ ਮਨਾਇਆ ਜਾ ਚੁੱਕਾ ਹੈ, ਪਰ ਕੌਮੀ ਸਮਰਪਣ ਦਾ ਅਹਿਸਾਸ ਕਰਦਿਆਂ ਹਰ ਸਿੱਖ ਪੂਰਾ ਅਪ੍ਰੈਲ ਮਹੀਨਾ ਆਪਣੇ ਘਰ ’ਤੇ ਖਾਲਸਈ ਨਿਸ਼ਾਨ ਜ਼ਰੂਰ ਝੁਲਾ ਕੇ ਰੱਖੇ।
ਇਕੱਤਰਤਾ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਜਸਮੇਰ ਸਿੰਘ ਲਾਛੜੂ, ਸ. ਇੰਦਰਮੋਹਨ ਸਿੰਘ ਲਖਮੀਰਵਾਲਾ, ਸ. ਜਸਵੰਤ ਸਿੰਘ ਪੁੜੈਣ, ਬੀਬੀ ਮਲਕੀਤ ਕੌਰ ਕਮਾਲਪੁਰ, ਬੀਬੀ ਹਰਦੀਪ ਕੌਰ ਖੋਖ, ਬੀਬੀ ਜਸਪਾਲ ਕੌਰ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਐਕਸੀਅਨ ਸ. ਸੁਖਜਿੰਦਰ ਸਿੰਘ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਇੰਚਾਰਜ ਸ. ਅਜ਼ਾਦਦੀਪ ਸਿੰਘ, ਸ. ਤਰਸੇਮ ਸਿੰਘ, ਸ. ਪਰਜਿੰਦਰ ਸਿੰਘ, ਸ. ਗੁਰਮੇਜ ਸਿੰਘ ਤੇ ਹੋਰ ਮੌਜੂਦ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login