ADVERTISEMENTs

ਸ਼੍ਰੋਮਣੀ ਅਕਾਲੀ ਦਲ ਨੂੰ 12 ਅਪਰੈਲ ਨੂੰ ਮਿਲੇਗਾ ਕਿਹੜਾ ਪ੍ਰਧਾਨ?

ਉੱਧਰ ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਤੋਂ 2 ਦਸੰਬਰ ਨੂੰ ਜਾਰੀ ਹੁਕਮਨਾਮੇ ਤਹਿਤ ਪਾਰਟੀ ਦੀ ਨਵੀਂ ਭਰਤੀ ਲਈ ਬਣਾਈ ਗਈ ਕਮੇਟੀ ਵੀ ਭਰਤੀ ਕਰਨ ਵਿੱਚ ਜੁਟੀ ਹੋਈ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਪ੍ਰੈਸ ਕਾਨਫਰੰਸ ਦੌਰਾਨ / Facebook

ਪੰਥਕ ਵਿਵਾਦਾਂ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪਰੈਲ ਨੂੰ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਵਰਕਿੰਗ ਕਮੇਟੀ ਦੀ ਮੀਟਿੰਗ ਚੰਡੀਗੜ ਵਿੱਚ ਹੋਈ। ਇਸ ਦੌਰਾਨ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਆਮ ਡੈਲੀਗੇਟ ਇਜਲਾਸ 12 ਅਪਰੈਲ ਨੂੰ ਅੰਮ੍ਰਿਤਸਰ ਵਿੱਚ ਦਰਬਾਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਸੱਦਣ ਦਾ ਫ਼ੈਸਲਾ ਲਿਆ ਹੈ। 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਕਰੀਬ 27 ਲੱਖ ਤੋਂ ਜ਼ਿਆਦਾ ਮੈਂਬਰ ਬਣੇ ਹਨ। ਸਰਕਲਾਂ ਦੇ ਡੈਲੀਗੇਟ, ਜ਼ਿਲ੍ਹੇ ਦੇ ਡੈਲੀਗੇਟ ਚੁਣਨਗੇ ਅਤੇ ਹਰੇਕ ਅਸੈਂਬਲੀ ਹਲਕੇ ’ਚੋਂ ਚਾਰ ਸਟੇਟ ਡੈਲੀਗੇਟ ਬਣਨਗੇ। ਉਨ੍ਹਾਂ ਦੱਸਿਆ ਕਿ 12 ਅਪਰੈਲ ਦੇ ਡੈਲੀਗੇਟ ਇਜਲਾਸ ਵਿੱਚ 520 ਤੋਂ ਜ਼ਿਆਦਾ ਡੈਲੀਗੇਟ ਨਵੇਂ ਪ੍ਰਧਾਨ ਦੀ ਚੋਣ ਕਰਨਗੇ। ਸੁਖਬੀਰ ਸਿੰਘ ਬਾਦਲ 14 ਦਸੰਬਰ 2019 ਨੂੰ ਤੀਜੀ ਵਾਰ ਪਾਰਟੀ ਦੇ ਪ੍ਰਧਾਨ ਬਣੇ ਸਨ। ਪੰਜ ਮੈਂਬਰੀ ਕਮੇਟੀ ਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਵਰਕਿੰਗ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਬਾਰੇ ਪਹਿਲਾਂ ਹੀ ਸਪੱਸ਼ਟਤਾ ਹੋ ਚੁੱਕੀ ਹੈ। ਪੰਜ ਮੈਂਬਰੀ ਕਮੇਟੀ ਆਪੂ ਬਣੀ ਕਮੇਟੀ ਤੋਂ ਵੱਧ ਕੁੱਝ ਨਹੀਂ ਹੈ।

ਉੱਧਰ ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਤੋਂ 2 ਦਸੰਬਰ ਨੂੰ ਜਾਰੀ ਹੁਕਮਨਾਮੇ ਤਹਿਤ ਪਾਰਟੀ ਦੀ ਨਵੀਂ ਭਰਤੀ ਲਈ ਬਣਾਈ ਗਈ ਕਮੇਟੀ ਵੀ ਭਰਤੀ ਕਰਨ ਵਿੱਚ ਜੁਟੀ ਹੋਈ ਹੈ। ਇਸ ਪੰਜ ਮੈਂਬਰੀ ਕਮੇਟੀ ਦੀ ਭਰਤੀ ਮੁਹਿੰਮ ਦੀ ਪਰਵਾਹ ਕੀਤੇ ਬਿਨਾਂ ਵਰਕਿੰਗ ਕਮੇਟੀ ਨੇ ਨਵੇਂ ਪ੍ਰਧਾਨ ਦੀ ਚੋਣ ਦਾ ਫ਼ੈਸਲਾ ਲਿਆ ਹੈ। ਪੰਜ ਮੈਂਬਰੀ ਕਮੇਟੀ ਨੇ 12 ਅਪਰੈਲ ਦੇ ਡੈਲੀਗੇਟ ਇਜਲਾਸ ’ਤੇ ਸਵਾਲ ਖੜ੍ਹੇ ਕੀਤੇ ਹਨ।

ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਚੀਮਾ ਨੇ ਦੱਸਿਆ ਕਿ 12 ਅਪਰੈਲ ਨੂੰ ਨਵੀਂ ਵਰਕਿੰਗ ਕਮੇਟੀ ਦੀ ਚੋਣ ਬਾਰੇ ਮੌਕੇ ’ਤੇ ਫ਼ੈਸਲਾ ਹੋਵੇਗਾ। ਵਰਕਿੰਗ ਕਮੇਟੀ ਨੇ 13 ਅਪਰੈਲ ਨੂੰ ਤਲਵੰਡੀ ਸਾਬੋ ਵਿੱਚ ਵਿਸ਼ਾਲ ਸਿਆਸੀ ਕਾਨਫ਼ਰੰਸ ਕਰਨ ਦਾ ਐਲਾਨ ਵੀ ਕੀਤਾ, ਜਿਸ ਵਿੱਚ ਪਾਰਟੀ ਵੱਲੋਂ ਸੂਬਾਈ ਪੱਧਰ ਦੇ ਪ੍ਰੋਗਰਾਮ ਦੀ ਰਣਨੀਤੀ ਐਲਾਨੀ ਜਾ ਸਕਦੀ ਹੈ।ਵਰਕਿੰਗ ਕਮੇਟੀ ਨੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਵਰਕਿੰਗ ਕਮੇਟੀ ਦੀ ਮੀਟਿੰਗ ਮਗਰੋਂ ਮੌਜੂਦਾ ਸਮੁੱਚਾ ਢਾਂਚਾ ਭੰਗ ਹੋ ਗਿਆ ਹੈ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related