l
ਤਖ਼ਤ ਸਾਹਿਬਾਨਾਂ ਤੋਂ ਸਿੰਘ ਸਾਹਿਬਾਨਾਂ ਨੂੰ ਹਟਾਏ ਜਾਣ ਦੇ ਮਾਮਲੇ ’ਚ ਦਮਦਮੀ ਟਕਸਾਲ ਤੇ ਹੋਰ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਅਗਲੀ ਰਣਨੀਤੀ ਨਿਰਧਾਰਤ ਕਰਨ ਲਈ 27 ਅਪ੍ਰੈਲ ਨੂੰ ਮਹਿਤਾ ਸਥਿਤ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਇਕ ਮੀਟਿੰਗ ਰੱਖੀ ਗਈ ਹੈ। ਇਹ ਜਾਣਕਾਰੀ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ, ਚੀਫ਼ ਖ਼ਾਲਸਾ ਦੀਵਾਨ, ਸਿੱਖ ਸਟੂਡੈਂਟ ਫੈਡਰੇਸ਼ਨ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਦੀ ਹਾਜ਼ਰੀ ਹੋਵੇਗੀ। ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ ਅਤੇ ਇਸ ਦੌਰਾਨ ਅਗਲੇ ਕਦਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮਾਰਚ 2025 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਿੰਨ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਨੂੰ ਪੰਥਕ ਸਿਧਾਂਤਾਂ ਦੀ ਉਲੰਘਣਾ ਕਰਦਿਆਂ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਸੀ। ਇਸ ਦੇ ਵਿਰੋਧ ਵਿੱਚ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸੰਤ ਸਮਾਜ ਅਤੇ ਹੋਰ ਪੰਥਕ ਜਥੇਬੰਦੀਆਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਗਿਆ।
28 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਵੱਡਾ ਰੋਸ ਧਰਨਾ ਦਿੱਤਾ ਗਿਆ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਨੂੰ 15 ਅਪ੍ਰੈਲ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ ਕਿ ਸਿੰਘ ਸਾਹਿਬਾਨਾਂ ਨੂੰ ਬਹਾਲ ਕੀਤਾ ਜਾਵੇ, ਪਰ ਮਿਆਦ ਪੂਰੀ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ।
ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਾਰੇ ਪੰਥਕ ਜਥੇਬੰਦੀਆਂ, ਸੰਪਰਦਾਵਾਂ ਅਤੇ ਲੀਡਰਸ਼ਿਪ ਨੂੰ 27 ਅਪ੍ਰੈਲ ਦੀ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ, ਤਾਂ ਜੋ ਇਕਜੁੱਟ ਹੋ ਕੇ ਪੰਥਕ ਮੁੱਦਿਆਂ ’ਤੇ ਅਗਲੇ ਕਦਮ ਲਏ ਜਾ ਸਕਣ।
Comments
Start the conversation
Become a member of New India Abroad to start commenting.
Sign Up Now
Already have an account? Login