ਚੰਡੀਗੜ੍ਹ, 7 ਮਾਰਚ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਪਾਰਟੀ ਵਿਚ ਮੈਂਬਰਸ਼ਿਪ ਭਰਤੀ ਦਾ ਅਧਿਕਾਰ ਸਿਰਫ ਪਾਰਟੀ ਦੀ ਵਰਕਿੰਗ ਕਮੇਟੀ ਕੋਲ ਹੀ ਹੈ। ਉਨ੍ਹਾਂ ਆਖਿਆ ਕਿ ਅਕਾਲ ਤਖ਼ਤ ਸਾਹਿਬ ਤੋਂ ਭਰਤੀ ਲਈ ਬਣਾਈ ਗਈ ਨਿਗਰਾਨ ਕਮੇਟੀ ਨੂੰ ਭਰਤੀ ਕਰਨ ਦਾ ਕੋਈ ਅਧਿਕਾਰ ਨਹੀਂ ਅਤੇ ਇਹ ਲੋਕਾਂ ਨੂੰ ਅਕਾਲ ਤਖ਼ਤ ਸਾਹਿਬ ਦੇ ਨਾਂ ’ਤੇ ਗੁੰਮਰਾਹ ਕਰਨਾ ਬੰਦ ਕਰੇ।
ਚੀਮਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਮੇਟੀ ਦੇ ਮੈਂਬਰ ਕਿਸੇ ਨਵੀਂ ਪਾਰਟੀ ਲਈ ਮੈਂਬਰ ਬਣਾਉਣਾ ਚਾਹੁੰਦੇ ਹਨ, ਤਾਂ ਉਹ ਅਜ਼ਾਦ ਹਨ, ਪਰ ਸ਼੍ਰੋਮਣੀ ਅਕਾਲੀ ਦਲ, ਜੋ ਇੱਕ ਮਾਨਤਾ ਪ੍ਰਾਪਤ ਪਾਰਟੀ ਹੈ, ਲਈ ਉਨ੍ਹਾਂ ਨੂੰ ਭਰਤੀ ਕਰਨ ਦਾ ਕੋਈ ਹੱਕ ਨਹੀਂ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਲਗਭਗ ਪੂਰੀ ਹੋ ਚੁੱਕੀ ਹੈ ਅਤੇ 20 ਲੱਖ ਮੈਂਬਰਸ਼ਿਪ ਪਰਚੀਆਂ ਵਾਪਸ ਆ ਚੁੱਕੀਆਂ ਹਨ, ਜਦਕਿ 10 ਲੱਖ ਹੋਰ ਅਗਲੇ ਕੁਝ ਦਿਨਾਂ ਵਿੱਚ ਮਿਲ ਜਾਣਗੀਆਂ।
ਚੀਮਾ ਨੇ ਐਲਾਨ ਕੀਤਾ ਕਿ 10 ਮਾਰਚ ਨੂੰ ਪਾਰਟੀ ਦੇ ਆਬਜ਼ਰਵਰਾਂ ਦੀ ਪਾਰਲੀਮਾਨੀ ਬੋਰਡ ਨਾਲ ਮੀਟਿੰਗ ਹੋਵੇਗੀ, ਜਿਸ ਵਿੱਚ ਡੈਲੀਗੇਟਾਂ ਦੀ ਚੋਣ ਕੀਤੀ ਜਾਵੇਗੀ। ਇਸ ਤੋਂ ਬਾਅਦ ਪੂਰੀ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਨਿਗਰਾਨ ਕਮੇਟੀ ਨੂੰ ਪੂਰਾ ਸਹਿਯੋਗ ਦਿੱਤਾ, ਪਰ ਕਮੇਟੀ ਦੇ ਕੁਝ ਮੈਂਬਰ ਆਪਣਾ ਨਿੱਜੀ ਏਜੰਡਾ ਚਲਾ ਰਹੇ ਹਨ ਅਤੇ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਨਿਗਰਾਨ ਕਮੇਟੀ ਦੇ ਮੈਂਬਰਾਂ ਨੂੰ ਦਫ਼ਤਰ ’ਚ ਸੱਦਿਆ, ਪਰ ਉਨ੍ਹਾਂ ਨੇ ਆਉਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਇਹ ਵੀ ਦੱਸਿਆ ਕਿ ਕਮੇਟੀ ਦੇ ਕੁਝ ਮੈਂਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਨਾਜਾਇਜ਼ ਦਬਾਅ ਪਾ ਰਹੇ ਹਨ, ਜਿਸ ਕਾਰਨ ਉਨ੍ਹਾਂ ਨੇ ਅਤੇ ਸੀਨੀਅਰ ਅਕਾਲੀ ਆਗੂ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਅਸਤੀਫਾ ਦੇ ਦਿੱਤਾ।
ਕੇਜਰੀਵਾਲ ਦੇ ਹੁਸ਼ਿਆਰਪੁਰ ਵਿਪਾਸਨਾ ਕੈਂਪ ’ਤੇ ਚੀਮਾ ਵੱਲੋਂ ਪ੍ਰਤੀਕਰਮ
ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਉਨ੍ਹਾਂ ਦੀ ਅਵਾਜ਼ ਜਬਰੀ ਦੱਬ ਰਹੀ ਹੈ, ਜਦਕਿ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਵਿਪਾਸਨਾ ਕੈਂਪ ਦੌਰਾਨ 100 ਵਾਹਨਾਂ ਦਾ ਸੁਰੱਖਿਆ ਕਾਫਲਾ ਤਾਇਨਾਤ ਕੀਤਾ ਗਿਆ। ਉਨ੍ਹਾਂ ਪੁੱਛਿਆ ਕਿ ਭਗਵੰਤ ਮਾਨ ਦੱਸਣ ਕਿ ਕੇਜਰੀਵਾਲ ਦਾ ਪੰਜਾਬ ਨਾਲ ਕੀ ਲੈਣਾ-ਦੇਣਾ ਹੈ, ਜਿਸ ਕਰਕੇ ਉਨ੍ਹਾਂ ਦੀ ਇਤਨੀ ਸੁਰੱਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਕੋਲ ਕੋਈ ਸੰਵਿਧਾਨਕ ਅਹੁਦਾ ਨਹੀਂ ਹੈ।
ਚੀਮਾ ਨੇ ਕਿਹਾ ਕਿ ਇੱਕ ਪਾਸੇ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਕਰਫਿਊ ਵਰਗਾ ਮਾਹੌਲ ਬਣਾਇਆ ਗਿਆ ਹੈ, ਜਦਕਿ ਦੂਜੇ ਪਾਸੇ ਕੇਜਰੀਵਾਲ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਉਹ ਕਿਸਾਨ ਆਗੂਆਂ ਦੀਆਂ ਗੱਲਾਂ ਸੁਣਨ ਦੀ ਬਜਾਏ ਮੀਟਿੰਗ ਤੋਂ ਅਚਾਨਕ ਉਠ ਕੇ ਕਿਉਂ ਚਲੇ ਗਏ?
ਪੰਜਾਬ ਦੇ ਕਿਸਾਨਾਂ ਨੂੰ ਮਿਲੇ ਹੱਕ: ਅਕਾਲੀ ਦਲ
ਡਾ. ਚੀਮਾ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਝੂਠੇ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਜਸਥਾਨ ਸਰਕਾਰ ਨੇ 150 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਕਰ ਦਿੱਤਾ ਹੈ, ਪਰ ਪੰਜਾਬ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਰਾਹਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਨਾ ਤਾਂ ਮੂੰਗੀ ਅਤੇ ਮੱਕੀ ਦੀ ਐੱਮਐੱਸਪੀ ਦੀ ਗਰੰਟੀ ਦਿੱਤੀ ਗਈ ਹੈ ਅਤੇ ਨਾ ਹੀ ਹੋਏ ਫਸਲੀ ਨੁਕਸਾਨ ਦਾ ਮੁਆਵਜ਼ਾ ਮਿਲਿਆ ਹੈ।
ਚੀਮਾ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਡਰਾਮਾ ਮੁਹਿੰਮ ਚਲਾ ਕੇ ਅਸਲ ਮੁੱਦਿਆਂ ਤੋਂ ਧਿਆਨ ਭਟਕਾ ਰਹੀ ਹੈ ਅਤੇ ਪੰਜਾਬ ਦੇ ਮੁੱਢਲੇ ਮੁੱਦੇ ਹੱਲ ਨਹੀਂ ਕੀਤੇ ਜਾ ਰਹੇ।
Comments
Start the conversation
Become a member of New India Abroad to start commenting.
Sign Up Now
Already have an account? Login